BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਫ਼ਸਲ ਬੀਮਾ ਯੋਜਨਾ ਨੀਤੀ ਵਿੱਚ ਸੋਧ ਕਰਨ ਲਈ ਕੇਂਦਰ ਨੂੰ ਕੀਤੀ ਗਈ ਸਿਫਾਰਸ਼-ਸੁਖਬੀਰ ਸਿੰਘ ਬਾਦਲ

  • ਕਰਜਾ ਯੋਜਨਾ ਤਹਿਤ ਕਿਸਾਨਾਂ ਨੂੰ ਮਿਲੇਗਾ ਇਕ ਲੱਖ ਰੁਪਏ ਵਿਆਜ ਰਹਿਤ ਕਰਜਾ
  • ਕਿਹਾ, ਕੇਵਲ ਕਾਂਗਰਸ ਪਾਰਟੀ ਹੀ ਵਿਧਾਨ ਸਭਾ ਚੋਣਾਂ ਵਿੱਚ ਮੁੱਖ ਵਿਰੋਧੀ ਪਾਰਟੀ ਹੋਵੇਗੀ
  • 'ਇਕ ਲੱਖ ਸਰਕਾਰੀ ਨੌਕਰੀਆਂ ਲਈ ਦੋ ਹਫਤਿਆਂ ਵਿੱਚ ਪ੍ਰਕ੍ਰਿਆ ਹੋਵੇਗੀ ਸ਼ੁਰੂ'
  • ਉਪ ਮੁੱਖ ਮੰਤਰੀ ਨੇ ਹੁਸ਼ਿਆਰਪੁਰ ਵਿੱਚ ਕੀਤਾ 'ਆਟੋਮੇਟਿਡ ਡਰਾਈਵਿੰਗ ਟੈਸਟ ਸੈਂਟਰ' ਦਾ ਉਦਘਾਟਨ
ਹੁਸ਼ਿਆਰਪੁਰ 21 ਅਪ੍ਰੈਲ (ਤਰਸੇਮ ਦੀਵਾਨਾ)- ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੇਂਦਰ ਸਰਕਾਰ ਨੂੰ ਫ਼ਸਲ ਬੀਮਾ ਯੋਜਨਾ ਵਿੱਚ ਸੋਧ ਕਰਨ ਦੀ ਸਿਫਾਰਸ਼ ਕੀਤੀ ਗਈ ਹੈ। ਉਨਾਂ ਕਿਹਾ ਕਿ ਮੌਜੂਦਾ ਨੀਤੀ ਦੀਆਂ ਸ਼ਰਤਾਂ ਕਿਸਾਨਾਂ ਦੀਆਂ ਲੋੜਾਂ ਦੇ ਅਨੁਕੂਲ ਨਹੀਂ ਹੈ, ਇਸ ਲਈ ਇਸ ਨੀਤੀ ਦੀਆਂ ਕੁੱਝ ਸ਼ਰਤਾਂ ਵਿੱਚ ਸੋਧ ਦੀ ਲੋੜ ਹੈ। ਉਨਾਂ ਕਿਹਾ ਕਿ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਵੀ ਇਸ ਮੁੱਦੇ ਨੂੰ ਦਿੱਲੀ ਵਿੱਚ ਉਠਾਇਆ ਜਾ ਰਿਹਾ ਹੈ, ਤਾਂ ਜੋ ਫ਼ਸਲ ਬੀਮਾ ਯੋਜਨਾ ਤਹਿਤ ਕਿਸਾਨਾਂ ਨੂੰ ਸਹੂਲਤਾਂ ਪ੍ਰਦਾਨ ਹੋ ਸਕਣ ਅਤੇ ਉਨਾਂ ਦੀਆਂ ਲੋੜਾਂ ਪੂਰੀਆਂ ਹੋ ਸਕਣ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਸਹੂਲਤ ਲਈ ਵਿਆਜ਼ ਮੁਕਤ ਪ੍ਰਤੀ ਸਾਲ ਲੱਖ ਰੁਪਏ ਦਾ ਫਸਲੀ ਕਰਜਾ ਦੇਣ ਦਾ ਫੈਸਲਾ ਕੀਤਾ ਗਿਆ ਹੈ, ਜਿਸ ਨਾਲ ਕਿਸਾਨ ਸ਼ਾਹੂਕਾਰਾਂ ਦੇ ਚੁੰਗਲ ਵਿਚ ਨਹੀ ਫਸਣਗੇ। ਸz: ਬਾਦਲ ਅੱਜ ਹੁਸ਼ਿਆਰਪੁਰ ਵਿਖੇ ਇੱਕ ਕਰੋੜ 20 ਲੱਖ ਰੁਪਏ ਦੀ ਲਾਗਤ ਵਾਲੇ 'ਆਟੋਮੇਟਿਡ ਡਰਾਈਵਿੰਗ ਟੈਸਟ, ਆਨ ਲਾਈਨ ਲਾਇਸੰਸ ਅਤੇ ਟਰੇਨਿੰਗ ਸੈਂਟਰ' ਦਾ ਉਦਘਾਟਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਪ ਮੁੱਖ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਪਰਕਾਸ਼ ਸਿੰਘ ਬਾਦਲ ਕਿਸਾਨਾਂ ਦੇ ਸੱਚੇ ਹਿਤੈਸ਼ੀ ਹਨ ਅਤੇ ਉਨਾਂ ਦੀ ਅਗਵਾਈ ਵਿੱਚ ਛੋਟੇ ਕਿਸਾਨਾਂ ਨੂੰ ਵਿਆਜ ਮੁਕਤ ਕਰਜਾ ਦੇਣ ਦੀ ਸਹੂਲਤ ਦਿੱਤੀ ਜਾ ਰਹੀ ਹੈ। ਉਨਾਂ ਕਿਹਾ ਕਿ ਸਲਾਨਾ ਇੱਕ ਲੱਖ ਰੁਪਏ ਤੱਕ ਕਰਜੇ ਤੋਂ ਛੋਟ ਹੋਵੇਗੀ ਅਤੇ ਕਿਸਾਨ ਕਰਜਾ ਕਿਸ਼ਤਾਂ ਵਿੱਚ ਜਮਾਂ ਕਰਵਾ ਸਕਦੇ ਹਨ। ਉਨਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਝੂਠ ਦਾ ਪੁਲੰਦਾ ਹਨ ਅਤੇ ਇਸ ਵਲੋਂ ਪੰਜਾਬ ਦੇ ਪਾਣੀਆਂ ਦਾ ਵੀ ਵਿਰੋਧ ਕੀਤਾ ਜਾ ਰਿਹਾ ਹੈ, ਜਿਸ ਤੋਂ ਸਾਬਤ ਹੁੰਦਾ ਹੈ ਕਿ ਇਹ ਪੰਜਾਬ ਦਾ ਕੁਝ ਨਹੀਂ ਸਵਾਰ ਸਕਦਾ। ਉਨਾਂ ਪੱਤਰਕਾਰਾਂ ਦੇ ਇੱਕ ਹੋਰ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਦੀਆਂ ਚਾਲਾਂ ਵਿੱਚ ਨਹੀਂ ਆਉਣਗੇ ਅਤੇ 2017 ਵਿੱਚ ਵਿਧਾਨ ਸਭਾ ਚੋਣਾਂ ਦੌਰਾਨ ਵਿਰੋਧੀ ਧਿਰ ਕਾਂਗਰਸ ਪਾਰਟੀ ਹੀ ਹੋਵੇਗੀ। ਸੁਖਬੀਰ ਸਿੰਘ ਬਾਦਲ ਨੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਸਰਕਾਰੀ ਨੌਕਰੀਆਂ ਦੀ ਪ੍ਰਕ੍ਰਿਆ ਦਾ ਅਮਲ ਦੋ ਹਫਤਿਆਂ ਵਿੱਚ  ਸ਼ੁਰੂ ਹੋ ਜਾਵੇਗਾ। ਉਨਾਂ ਕਿਹਾ ਕਿ ਇਨਾਂ ਵਿੱਚ 15,000 ਪੁਲਿਸ ਮੁਲਾਜ਼ਮ ਵੀ ਭਰਤੀ ਕੀਤੇ ਜਾਣੇ ਹਨ। ਉਨਾਂ ਕਿਹਾ ਕਿ ਨੌਜਵਾਨਾਂ ਨੂੰ ਪਾਰਦਰਸ਼ੀ ਢੰਗ ਨਾਲ ਮੈਰਿਟ ਦੇ ਆਧਾਰ 'ਤੇ ਨੌਕਰੀਆਂ ਪ੍ਰਦਾਨ ਕੀਤੀਆਂ ਜਾਣਗੀਆਂ ਅਤੇ ਅਕਾਲੀ-ਭਾਜਪਾ ਸਰਕਾਰ ਵਲੋਂ ਆਪਣੇ ਪਿਛਲੇ ਕਾਰਜਕਾਲ ਦੌਰਾਨ ਵੀ ਸਵਾ ਲੱਖ ਨੌਜਵਾਨਾਂ ਨੂੰ ਮੈਰਿਟ ਦੇ ਆਧਾਰ 'ਤੇ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਸਨ। ਉਪ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਰਾਜ ਵਿਚ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਸੂਬੇ ਵਿੱਚ 200 ਸਕਿਲ ਸੈਂਟਰ ਖੋਲੇ ਜਾ ਰਹੇ ਹਨ। ਉਨਾਂ ਕਿਹਾ ਕਿ ਇਹ ਸੈਂਟਰ ਹਰ ਬਲਾਕ ਵਿੱਚ ਖੁਲਣਗੇ ਅਤੇ ਹਰ ਸੈਂਟਰਾਂ ਵਿਚ ਇਕ-ਇਕ ਹਜ਼ਾਰ ਨੌਜਵਾਨਾਂ ਨੂੰ ਸਿਖਲਾਈ ਦਿੱਤੀ ਜਾਵੇਗੀ। ਉਨਾਂ ਇਲਾਕਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਸਵੈ ਰੁਜਗਾਰ ਲਈ ਹੁਨਰਮੰਦ ਕਰੇਗੀ ਅਤੇ ਇਨਾਂ ਸਕਿੱਲ ਸੈਟਰਾਂ ਅੰਦਰ ਨੌਜਵਾਨਾਂ ਨੂੰ ਸਵੈ ਰੋਜ਼ਗਾਰ ਨਾਲ ਸਬੰਧਿਤ ਵੱਖ-ਵੱਖ ਕਿਤਿਆਂ ਦੇ ਸਮਰੱਥ  ਦੀ ਮੁਹਾਰਤ ਦਿੱਤੀ ਜਾਵੇਗੀ। ਉਨਾਂ ਇਸ ਮੌਕੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਬਿਸਤ-ਦੁਆਬ ਨਹਿਰ 'ਤੇ 600 ਕਰੋੜ ਰੁਪਏ ਖਰਚੇ ਜਾ ਰਹੇ ਹਨ ਅਤੇ ਇਹ ਨਹਿਰ ਜਲਦੀ ਹੀ ਮੁਕੰਮਲ ਹੋ ਜਾਵੇਗੀ, ਜਿਸ ਨਾਲ ਦੁਆਬੇ ਦੇ ਕਿਸਾਨਾਂ ਨੂੰ ਨਹਿਰੀ ਪਾਣੀ ਮਿਲਣਾ ਸ਼ੁਰੂ ਹੋ ਜਾਵੇਗਾ। ਸ. ਬਾਦਲ ਨੇ ਕਿਹਾ ਕਿ ਪੰਜਾਬ ਭਾਰਤ ਦਾ ਪਹਿਲਾ ਸੂਬਾ ਹੈ, ਜਿੱਥੇ ਸਾਰੇ 22 ਜ਼ਿਲਾ ਹੈੱਡਕੁਆਟਰਾਂ ਤੇ ਅਤੇ 10 ਸਬ-ਡਵੀਜਨਾਂ ਵਿੱਚ ਨਵੀਂ ਤਕਨੀਕ ਨਾਲ 32 ਆਟੋਮੇਟਿਡ ਡਰਾਈਵਿੰਗ ਟੈਸਟ ਟਰੈਕ ਤਿਆਰ ਕੀਤੇ ਗਏ ਹਨ। ਉਨਾਂ ਕਿਹਾ ਕਿ ਹੁਸ਼ਿਆਰਪੁਰ ਜ਼ਿਲੇ ਵਿੱਚ ਅਜਿਹੇ 2 ਸੈਂਟਰ ਸਥਾਪਿਤ ਕੀਤੇ ਗਏ ਹਨ, ਜਿਸ ਨਾਲ ਜ਼ਿਲਾ ਵਾਸੀਆਂ ਨੂੰ ਕਾਫ਼ੀ ਲਾਹਾ ਪੁੱਜੇਗਾ। ਉਨਾਂ ਕਿਹਾ ਕਿ ਪੰਜਾਬ ਭਾਰਤ ਦਾ ਪਹਿਲਾ ਰਾਜ ਹੈ ਜਿਥੇ ਡਰਾਈਵਿੰਗ ਲਾਈਸੈਂਸ ਬਨਾਉਣ ਦੀ ਸਾਰੀ ਪ੍ਰਕਿਰਿਆ ਇਕੋ ਸਥਾਨ ਤੇ ਮੁਕੰਮਲ ਕੀਤੀ ਜਾਵੇਗੀ। ਉਨਾਂ ਕਿਹਾ ਕਿ ਭਾਰਤ ਤੋੋਂ ਬਾਹਰਲੇ ਦੇਸ਼ਾਂ ਵਿੱਚੋਂ ਵੀ ਟਰਾਂਸਪੋਰਟ ਵਿਭਾਗ ਪੰਜਾਬ ਦੇ ਕੰਮ-ਕਾਜ ਨੂੰ ਬਹੁਤ ਪਸੰਦ ਕੀਤਾ ਜਾ ਰਿਹਾ ਹੈ।  ਉਪ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ, ਗਰੀਬਾਂ, ਵਪਾਰੀਆਂ ਤੇ ਮਜਦੂਰਾਂ ਲਈ 5 ਲੱਖ ਰੁਪਏ ਦਾ ਸਿਹਤ ਬੀਮਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਰਾਜ ਸਰਕਾਰ ਵਲੋਂ ਹਰ ਸਾਲ ਕਿਸਾਨਾਂ ਨੂੰ ਟਿਊਬਵੈੱਲਾਂ ਦੇ ਮੁਫਤ ਬਿਜਲੀ ਦੇਣ ਦੇ ਇਵਜ਼ ਵਿਚ ਪਾਵਰਕਾਮ ਨੂੰ 6 ਹਜ਼ਾਰ ਕਰੋੜ ਦਿੱਤੇ ਜਾ ਰਹੇ ਹਨ ਅਤੇ 24 ਘੰਟੇ ਬਿਜਲੀ ਦੀ ਨਿਰੰਤਰ ਸਪਲਾਈ ਨੂੰ ਯਕੀਨੀ ਬਣਾਇਆ ਗਿਆ ਹੈ। ਉਨਾਂ ਅੱਗੇ ਕਿਹਾ ਕਿ ਰਾਜ ਸਰਕਾਰ ਵਲੋਂ 22 ਹਜਾਰ ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਅੰਦਰ ਸੜਕਾਂ ਦਾ ਜਾਲ ਵਿਛਾਇਆ ਜਾ ਰਿਹਾ ਹੈ ਅਤੇ ਅਗਲੇ ਕੁਝ ਮਹੀਨਿਆਂ ਵਿਚ ਰਾਜ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਨੂੰ ਮੁਕੰਮਲ ਕੀਤਾ ਜਾਵੇਗਾ, ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਮੌਕੇ ਕੇਂਦਰੀ ਰਾਜ ਮੰਤਰੀ ਅਤੇ ਭਾਜਪਾ ਦੇ ਪੰਜਾਬ ਪ੍ਰਧਾਨ ਵਿਜੇ ਸਾਂਪਲਾ ਨੇ ਕਿਹਾ ਪੰਜਾਬ ਸਰਕਾਰ ਨੇ ਆਪਣੇ 9 ਸਾਲਾਂ ਦੇ ਕਾਰਜਕਾਲ ਦੌਰਾਨ ਸੂਬੇ ਅੰਦਰ ਵੱਡੇ ਵਿਕਾਸ ਪ੍ਰੋਜੈਕਟ ਮੁਕੰਮਲ ਕੀਤੇ ਹਨ , ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਉਨਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਸੂਬੇ ਦੇ ਹਰ ਵਰਗ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਯਤਨ ਕੀਤੇ ਜਾ ਰਹੇ ਹਨ ਅਤੇ ਕਰੋੜਾਂ ਰੁਪਏ ਰਾਜ ਦੇ ਵਿਕਾਸ ਲਈ ਖਰਚੇ ਜਾ ਰਹੇ ਹਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਦਾ ਆਟੋਮੇਟਿਡ ਡਰਾਈਵਿੰਗ ਸੈਂਟਰ ਖੋਲਣ ਦਾ ਉਪਰਾਲਾ ਸ਼ਲਾਘਾਯੋਗ ਹੈ। ਉਨਾਂ ਕਿਹਾ ਕਿ ਇਹਨਾਂ ਆਟੋਮੇਟਿਡ ਡਰਾਈਵਿੰਗ ਟੈਸਟ ਟਰੈਕਾਂ ਤੇ ਪ੍ਰਾਰਥੀ ਦਾ ਡਰਾਈਵਿੰਗ ਟੈਸਟ ਲੈ ਕੇ ਮੌੌਕੇ ਤੇ ਹੀ ਲਾਈਸੰਸ ਜਾਰੀ ਕੀਤਾ ਜਾਵੇਗਾ। ਇਸ ਨਾਲ ਲੋੋਕਾਂ ਦੇ ਸਮੇਂ ਦੀ ਬੱਚਤ ਹੋਵੇਗੀ ਅਤੇ ਵਾਰੀ-ਵਾਰੀ ਚੱਕਰ ਨਹੀਂ ਮਾਰਨੇ ਪੈਣਗੇ। ਪ੍ਰਾਰਥੀ ਦਾ ਮੈਡੀਕਲ ਟੈਸਟ ਲੈਣ ਲਈ ਹਰ ਸੈਂਟਰ ਤੇ ਡਾਕਟਰ ਦੀ ਸੁਵਿਧਾ ਵੀ ਉਪਲਬਧ ਹੋਵੇਗੀ, ਇਹ ਡਰਾਈਵਿੰਗ ਟੈਸਟ ਟਰੈਕ ਪੂਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ ਹਨ। ਇਸ ਮੌੌਕੇ ਕੈਬਨਿਟ ਮੰਤਰੀ ਪੰਜਾਬ ਸੋਹਣ ਸਿੰਘ ਠੰਡਲ, ਮੁੱਖ ਸੰਸਦੀ ਸਕੱਤਰ ਬੀਬੀ ਮਹਿੰਦਰ ਕੌਰ ਜੋਸ਼, ਹਲਕਾ ਵਿਧਾਇਕ ਗੜਸ਼ੰਕਰ ਅਤੇ ਜ਼ਿਲਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਤੀਕਸ਼ਨ ਸੂਦ ਅਤੇ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਹਲਕਾ ਵਿਧਾਇਕ ਦਸੂਹਾ ਸੁਖਜੀਤ ਕੌਰ ਸਾਹੀ, ਯੂਥ ਅਕਾਲੀ ਦਲ ਦੇ ਦੋਆਬਾ ਜ਼ੋਨ ਦੇ ਪ੍ਰਧਾਨ ਸਰਬਜੋਤ ਸਿੰਘ ਸਾਬੀ, ਮੇਅਰ ਸ਼ਿਵ ਸੂਦ, ਚੇਅਰਮੈਨ ਮਿਲਕ ਪਲਾਂਟ ਕਰਮਜੀਤ ਸਿੰਘ ਬਬਲੂ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਰਵਿੰਦਰ ਸਿੰਘ ਰਸੂਲਪੁਰ ਅਤੇ ਲਖਵਿੰਦਰ ਸਿੰਘ ਲੱਖੀ, ਜਿਲਾ ਪ੍ਰਧਾਨ ਯੂਥ ਅਕਾਲੀ ਦਲ ਕਰਮਵੀਰ ਸਿੰਘ ਘੁੰਮਣ, ਜ਼ਿਲਾ ਪ੍ਰਧਾਨ ਐਸ.ਸੀ.ਵਿੰਗ ਪਰਮਜੀਤ ਸਿੰਘ ਪੰਜੌੜ, ਐਸ.ਜੀ.ਪੀ.ਸੀ. ਮੈਂਬਰਾਂ ਤੋਂ ਇਲਾਵਾ ਹੋਰ ਵੀ ਸਖਸ਼ੀਅਤਾਂ ਹਾਜ਼ਰ ਸਨ।

No comments: