BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਜ਼ਿਲਾ ਮੈਜਿਸਟਰੇਟ ਵਲੋਂ ਜ਼ਿਲਾ ਹੁਸ਼ਿਆਰਪੁਰ ਵਿੱਚ ਧਾਰਾ 144 ਤਹਿਤ ਪਾਬੰਦੀਆਂ

ਹੁਸ਼ਿਆਰਪੁਰ, 11 ਮਈ (ਤਰਸੇਮ ਦੀਵਾਨਾ)- ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਨਿੰਦਿਤਾ ਮਿਤਰਾ ਨੇ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਉਨਾਂ ਧਾਰਾ 144 ਤਹਿਤ  ਇਕ ਹੁਕਮ ਰਾਹੀਂ ਜ਼ਿਲੇ ਦੀਆਂ ਹੱਦਾਂ ਅੰਦਰ  ਬਿਨਾਂ ਉਪ ਮੰਡਲ ਮੈਜਿਸਟਰੇਟ ਦੀ ਪ੍ਰਵਾਨਗੀ ਦੇ ਕਿਸੇ ਕਿਸਮ ਦਾ ਜਲੂਸ ਕੱਢਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਤਰ ਹੋਣ, ਨਾਅਰੇਬਾਜੀ ਕਰਨ, ਲਾਠੀਆਂ, ਗੈਰ ਲਾਇਸੰਸੀ ਅਸਲਾ, ਤੇਜ਼ ਧਾਰ ਟਾਕੂਆਂ ਨੂੰ ਚੁੱਕਣ ਆਦਿ 'ਤੇ ਪਾਬੰਦੀ ਲਗਾ ਦਿੱਤੀ ਹੈ। ਕੋਈ ਵੀ ਸਿਆਸੀ ਪਾਰਟੀ ਰੈਲੀ/ਜਲਸਾ ਕਰਨ ਲਈ ਪਹਿਲਾਂ ਆਪਣੇ ਸਬੰਧਤ ਉਪ ਮੰਡਲ ਮੈਜਿਸਟਰੇਟ ਪਾਸੋਂ ਇਸ ਬਾਰੇ ਲਿਖਤੀ ਮਨਜ਼ੂਰੀ ਹਾਸਲ ਕਰੇਗੀ। ਇਹ ਹੁਕਮ ਸਰਕਾਰੀ ਸਮਾਗਮਾਂ , ਕਾਨਫਰੰਸਾਂ ਅਤੇ ਮੀਟਿੰਗਾਂ ਆਦਿ 'ਤੇ ਲਾਗੂ ਨਹੀਂ ਹੋਣਗੇ। ਇਸ ਤੋਂ ਇਲਾਵਾ ਇਹ ਹੁਕਮ  ਪੰਜਾਬ ਪੁਲਿਸ, ਹੋਮ ਗਾਰਡਜ਼ , ਦੂਜੇ ਕਰਮਚਾਰੀਆਂ ਜੋ ਸਰਕਾਰੀ ਡਿਊਟੀ 'ਤੇ ਹੋਣ ਅਤੇ ਵਿਆਹ ਸ਼ਾਦੀਆਂ , ਮਾਤਮੀ ਸ਼ੋਕ ਸਮਾਗਮਾਂ ਜਾਂ ਸਰਕਾਰੀ ਫੰਕਸ਼ਨਾਂ 'ਤੇ ਲਾਗੂ ਨਹੀਂ ਹੋਣਗੇ। ਇਸ ਤੋਂ ਇਲਾਵਾ ਜ਼ਿਲਾ ਮੈਜਿਸਟਰੇਟ ਨੇ ਮਕਾਨ ਮਾਲਕਾਂ, ਮਕਾਨ 'ਤੇ ਕਾਬਜ਼ ਵਿਅਕਤੀਆਂ, ਮਕਾਨਾਂ ਦੇ ਇੰਚਾਰਜ ਵਿਅਕਤੀਆਂ ਨੂੰ ਉਨਾਂ ਵੱਲੋਂ ਜੋ ਵੀ ਮਕਾਨ ਕਿਰਾਏ 'ਤੇ ਦਿੱਤੇ ਹੋਣ ਜਾਂ ਭਵਿੱਖ ਵਿੱਚ ਕਿਰਾਏ 'ਤੇ ਦਿੱਤੇ ਜਾਣ, ਉਨਾਂ ਵਿੱਚ ਰਹਿਣ ਵਾਲੇ ਵਿਅਕਤੀ ਦਾ ਨਾਂ ਅਤੇ ਪੂਰਾ ਪਤਾ ਆਪਣੇ ਇਲਾਕੇ ਦੇ ਥਾਣੇ/ਪੁਲਿਸ ਚੌਕੀ ਵਿੱਚ ਤੁਰੰਤ ਦਰਜ਼ ਕਰਾਉਣ ਦਾ ਹੁਕਮ ਜਾਰੀ ਕੀਤਾ ਹੈ। ਜ਼ਿਲਾ ਮੈਜਿਸਟਰੇਟ ਵਲੋਂ ਇੱਕ ਹੋਰ ਹੁਕਮ ਰਾਹੀਂ ਜ਼ਿਲੇ ਦੀ ਹੱਦ ਅੰਦਰ ਮਿਲਟਰੀ ਵਰਦੀ ਅਤੇ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ , ਮੋਟਰ ਸਾਈਕਲਾਂ, ਮੋਟਰ ਗੱਡੀਆਂ ਦੀ ਵਰਤੋਂ ਕਰਨ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਹੁਕਮ ਮਿਲਟਰੀ ਅਧਿਕਾਰੀਆਂ 'ਤੇ ਲਾਗੂ ਨਹੀਂ ਹੋਵੇਗਾ। ਇੱਕ ਹੋਰ ਹੁਕਮ ਰਾਹੀਂ ਜ਼ਿਲਾ ਮੈਜਿਸਟਰੇਟ ਅਨਿੰਦਿਤਾ ਮਿਤਰਾ ਨੇ ਪਾਬੰਦੀ ਲਗਾ ਦਿੱਤੀ ਹੈ ਕਿ ਕੋਈ ਵੀ ਵਿਅਕਤੀ ਜਾਂ ਕੋਈ ਵੀ ਸਿਆਸੀ ਪਾਰਟੀ ਜਲਸਾ ਜਾਂ ਜਲੂਸ ਅਤੇ ਰੈਲੀ ਦੌਰਾਨ ਸਬੰਧਤ ਉਪ ਮੰਡਲ ਮੈਜਿਸਟਰੇਟ ਦੀ ਲਿਖਤੀ ਮਨਜ਼ੂਰੀ ਤੋਂ ਬਿਨਾਂ ਕਿਸੇ ਵੀ ਅਜਿਹੇ ਯੰਤਰ ਜਾਂ ਆਵਾਜ਼ੀ ਪ੍ਰਦੂਸ਼ਣ ਪੈਦਾ ਕਰਨ ਵਾਲੀ ਸਮੱਗਰੀ ਦੀ ਵਰਤੋਂ ਦਿਨ ਜਾਂ ਰਾਤ ਵੇਲੇ ਨਹੀਂ ਕਰੇਗਾ, ਜਿਸ ਦੀ ਆਵਾਜ਼ ਉਸ ਦੀ ਹਦੂਦ ਤੋਂ ਬਾਹਰ ਸੁਣਦੀ ਹੋਵੇ। ਜ਼ਿਲਾ ਮੈਜਿਸਟਰੇਟ ਨੇ ਇੱਕ ਹੋਰ ਹੁਕਮ ਰਾਹੀਂ ਜ਼ਿਲੇ ਦੀਆਂ ਸਮੂਹ ਸਰਕਾਰੀ/ਪ੍ਰਾਈਵੇਟ ਕੰਪਨੀਆਂ ਦੀਆਂ ਵੱਖ-ਵੱਖ ਰੂਟਾਂ 'ਤੇ ਚੱਲਣ ਵਾਲੀਆਂ ਬੱਸਾਂ ਅੰਦਰ ਟੇਪ ਰਿਕਾਰਡਾਂ ਦੁਆਰਾ ਅਸ਼ਲੀਲ ਗਾਣੇ ਸੁਣਾਉਣ ਅਤੇ ਵੀਡੀਓ ਦੁਆਰਾ ਅਸ਼ਲੀਲ ਫ਼ਿਲਮਾਂ ਦਿਖਾਏ ਜਾਣ 'ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਉਪਰੋਕਤ ਪੰਜ ਹੁਕਮ 9 ਜੁਲਾਈ 2016 ਤੱਕ ਲਾਗੂ ਰਹਿਣਗੇ।

No comments: