BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਜੈਕਾਰਿਆਂ ਦੀ ਗੂੰਜ਼ ਵਿੱਚ ਨਕੋਦਰ ਤੋਂ ਤਖ਼ਤ ਸ਼੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਲਈ ਵਿਸ਼ੇਸ਼ ਰੇਲਗੱਡੀ ਰਵਾਨਾ

  • ਮੁੱਖ ਸੰਸਦੀ ਸਕੱਤਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਦਿੱਤੀ ਹਰੀ ਝੰਡੀ
  • ਗੁਰਧਾਮਾਂ ਦੀ ਯਾਤਰਾ ਕਰਵਾਉਣ ਲਈ ਸੰਗਤ ਵਲੋਂ ਸੂਬਾ ਸਰਕਾਰ ਦਾ ਧੰਨਵਾਦ
ਨਕੋਦਰ, 11 ਮਈ (ਜਸਵਿੰਦਰ ਆਜ਼ਾਦ)- ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਯੋਜਨਾ ਤਹਿਤ ਜਲੰਧਰ ਜਿਲੇ ਵਿਚੋਂ ਵੱਖ-ਵੱਖ ਧਰਮਾਂ ਨਾਲ ਸਬੰਧਿਤ ਗੁਰਧਾਮਾਂ ਦੀ ਯਾਤਰਾ ਲਈ 6 ਵੀਂ ਰੇਲਗੱਡੀ ਤਖਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦੇ ਦਰਸ਼ਨਾਂ ਲਈ ਅੱਜ ਨਕੋਦਰ ਰੇਲਵੇ  ਸਟੇਸ਼ਨ ਤੋਂ ਖਾਲਸਾਈ ਜੈਕਾਰਿਆਂ ਦੀ ਗੂੰਜ਼ ਵਿੱਚ ਰਵਾਨਾ ਹੋਈ। ਇਸ ਵਿਸ਼ੇਸ਼ ਰੇਲ ਗੱਡੀ ਨੂੰ ਮੁੱਖ ਸੰਸਦੀ ਸਕੱਤਰ ਸ. ਗੁਰਪ੍ਰਤਾਪ ਸਿੰਘ ਵਡਾਲਾ ਨੇ ਹਰੀ ਝੰਡੀ ਦਿਖਾਕੇ ਰਵਾਨਾ ਕੀਤਾ। ਇਸ ਤੋਂ ਪਹਿਲਾਂ ਜਲੰਧਰ ਰੇਲਵੇ ਸਟੇਸ਼ਨ ਤੋਂ ਦੋ ਰੇਲਗੱਡੀਆਂ ਕਾਸ਼ੀ ਧਾਮ, ਇਕ ਰੇਲਗੱਡੀ ਕਰਤਾਰਪੁਰ ਤੋਂ ਕਾਸ਼ੀ ਧਾਮ ਵਾਰਾਣਸੀ, ਸ਼ਾਹਕੋਟ ਅਤੇ ਜਲੰਧਰ ਕੈਂਟ ਤੋਂ ਸ੍ਰੀ ਨਾਂਦੇੜ ਸਾਹਿਬ ਲਈ ਪਹਿਲਾਂ ਹੀ ਜਾ ਚੁੱਕੀ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਕਮਲ ਕਿਸ਼ੋਰ ਯਾਦਵ ਤੇ  ਵਧੀਕ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ, ਐਸ.ਡੀ.ਐਮ.ਨਕੋਦਰ ਸ੍ਰੀ ਦਮਨਜੀਤ ਸਿੰਘ ਮਾਨ ਵੀ ਮੌਜੂਦ ਸਨ।
ਸਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਨੂੰ ਲੈ ਕੇ ਸੰਗਤਾਂ ਵਿੱਚ ਪੂਰਾ ਉਤਸ਼ਾਹ ਸੀ ਅਤੇ ਜ਼ਿਲਾ ਪ੍ਰਸ਼ਾਸਨ ਵਲੋਂ ਇਸ ਯਾਤਰਾ ਦੇ ਮੱਦੇਨਜ਼ਰ ਪੂਰੇ ਰੇਲਵੇ ਸਟੇਸ਼ਨ ਨੂੰ ਮਨਮੋਹਕ ਢੰਗ ਨਾਲ ਸਜਾਇਆ ਗਿਆ ਸੀ। ਬੈਂਡ ਪਾਰਟੀਆਂ ਵਲੋਂ ਮਨਮੋਹਕ ਬੈਂਡ ਧੁੰਨਾ ਵਜਾ ਕੇ ਸਟੇਸ਼ਨ ਆਈਆਂ ਸੰਗਤਾਂ ਦਾ ਸਵਾਗਤ ਕੀਤਾ ਗਿਆ।
ਇਸ ਤੋਂ ਪਹਿਲਾਂ ਮੁੱਖ ਸੰਸਦੀ ਸਕੱਤਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਅਧੀਨ ਵੱਖ-ਵੱਖ ਧਰਮਾਂ ਦੀ ਸੰਗਤ ਨੂੰ 184 ਕਰੋੜ ਰੁਪੈ ਦੀ ਲਾਗਤ ਨਾਲ ਉਨਾਂ ਦੇ ਗੁਰਧਾਮਾਂ ਦੀ ਮੁਫ਼ਤ ਵਿਚ ਯਾਤਰਾ ਕਰਵਾਈ ਜਾ ਰਹੀ ਹੈ। ਉਨਾਂ ਕਿਹਾ ਕਿ ਉਹ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਦਾ ਤਹਿ-ਦਿਲੋਂ ਧੰਨਵਾਦ ਕਰਦੇ ਹਨ, ਜਿਨਾਂ ਦੇ ਉੱਦਮ ਸਦਕਾ ਅੱਜ ਵਿਧਾਨ ਸਭਾ ਹਲਕਾ ਨਕੋਦਰ ਦੀ ਸੰਗਤ ਨੂੰ ਤਖਤ ਸ੍ਰੀ ਹਜ਼ੂਰ ਸਾਹਿਬ ਅਤੇ ਹੋਰ ਪਵਿੱਤਰ ਗੁਰਧਾਮਾਂ ਦੇ ਦਰਸ਼ਨ ਦੀਦਾਰ ਕਰਨ ਦਾ ਸੁਭਾਗ ਪ੍ਰਾਪਤ ਹੋ ਰਿਹਾ ਹੈ। ਉਨਾਂ ਕਿਹਾ ਕਿ ਸੰਗਤਾਂ ਦੇ ਉਤਸ਼ਾਹ ਨੂੰ ਦੇਖਦਿਆਂ ਉਨਾਂ ਵਲੋਂ ਮੁੱਖ ਮੰਤਰੀ ਨੂੰ ਬੇਨਤੀ ਕੀਤੀ ਗਈ ਹੈ ਕਿ ਉਹ ਨਕੋਦਰ ਹਲਕੇ ਤੋਂ ਸ੍ਰੀ ਹਜ਼ੂਰ ਸਾਹਿਬ ਲਈ ਇਕ ਹੋਰ ਰੇਲਗੱਡੀ ਭੇਜਣ ਤਾਂ ਜੋ ਲੋਕਾਂ ਦੀ ਉਮੰਗ ਪੂਰੀ ਹੋ ਸਕੇ।
ਉਨਾਂ ਕਿਹਾ ਕਿ ਬਹੁਤ ਵੱਡਭਾਗਾ ਸਮਾਂ ਹੈ ਕਿ ਸੰਗਤਾਂ ਨੂੰ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋ ਰਿਹਾ ਹੈ। ਉਨਾਂ ਕਿਹਾ ਕਿ ਸੰਗਤਾਂ ਨੂੰ ਗੁਰਧਾਮਾਂ ਦੀ ਇਹ ਯਾਤਰਾ ਪੰਜਾਬ ਸਰਕਾਰ ਵਲੋਂ ਆਪਣੇ ਖਰਚ 'ਤੇ ਕਰਵਾਈ ਜਾ ਰਹੀ ਹੈ ਅਤੇ ਸਫਰ ਦੌਰਾਨ ਰੇਲ ਗੱਡੀ ਵਿੱਚ ਕਿਰਾਇਆ ਤੇ ਖਾਣ-ਪੀਣ ਦਾ ਸਾਰਾ ਪ੍ਰਬੰਧ ਸਰਕਾਰ ਵਲੋਂ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਸੰਗਤਾਂ ਦਾ ਸ੍ਰੀ ਹਜ਼ੂਰ ਸਾਹਿਬ ਵਿਖੇ ਠਹਿਰਾਉਣ ਦਾ ਪ੍ਰਬੰਧ ਅਤੇ ਉਥੇ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਾਉਣ ਲਈ ਬੱਸਾਂ ਆਦਿ ਦਾ ਪ੍ਰਬੰਧ ਵੀ ਸੂਬਾ ਸਰਕਾਰ ਵਲੋਂ ਕੀਤਾ ਗਿਆ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਕਮਲ ਕਿਸ਼ੋਰ ਯਾਦਵ ਨੇ ਦੱਸਿਆ ਕਿ ਰੇਲ ਗੱਡੀ ਵਿਚ ਸੰਗਤਾਂ ਦੀ ਸਹੂਲਤ ਲਈ ਜ਼ਿਲਾ ਪ੍ਰਸ਼ਾਸਨ ਵਲੋਂ ਅਧਿਕਾਰੀ ਅਤੇ ਕਰਮਚਾਰੀ ਵੀ ਨਾਲ ਭੇਜੇ ਗਏ ਹਨ, ਤਾਂ ਜੋ ਸੰਗਤ ਨੂੰ ਕਿਸੇ ਪ੍ਰਕਾਰ ਦੀ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਇਸ ਤੋਂ ਇਲਾਵਾ ਸੰਗਤ ਦੀ ਸਹੂਲਤ ਲਈ ਡਾਕਟਰੀ ਟੀਮ ਵੀ ਨਾਲ ਭੇਜੀ ਗਈ ਹੈ।

No comments: