BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਸ੍ਰੀ ਗੁਰੂੁ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

ਵੱਡੀ ਗਿਣਤੀ ਸੰਗਤਾਂ ਨੇ ਪਵਿੱਤਰ ਸਰੋਵਰਾਂ ਵਿੱਚ ਇਸ਼ਨਾਨ ਕਰਕੇ ਕੀਤਾ ਨਤਮਸਤਕ
ਤਲਵੰਡੀ ਸਾਬੋ, 4 ਨਵੰਬਰ (ਗੁਰਜੰਟ ਸਿੰਘ ਨਥੇਹਾ)- ਸਮੁੱਚੇ ਵਿਸ਼ਵ ਵਾਂਗ ਸਿੱਖਾਂ ਦੇ ਚੌਥੇ ਤਖਤ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸਿੱਖ ਧਰਮ ਦੇ ਬਾਨੀ ਸਾਹਿਬ ਸ੍ਰੀ ਗੁਰੁੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸੰਗਤਾਂ ਵੱਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਮਨ੍ਹਾਇਆ ਗਿਆ। ਅੱਜ ਪ੍ਰਭਾਤ ਵੇਲੇ ਤੋਂ ਹੀ ਵੱਡੀ ਗਿਣਤੀ ਸੰਗਤਾਂ ਨੇ ਪਵਿੱਤਰ ਸਰੋਵਰਾਂ ਵਿੱਚ ਇਸ਼ਨਾਨ ਕੀਤਾ ਅਤੇ ਤਖਤ ਸਾਹਿਬ ਤੇ ਹੋਰਨਾਂ ਗੁਰਦੁਆਰਾ ਸਾਹਿਬਾਨ ਵਿੱਚ ਨਤਮਸਤਕ ਹੋਏ।
ਅੱਜ ਤਖਤ ਸਾਹਿਬ ਦੇ ਗੁ: ਲਿਖਣਸਰ ਸਾਹਿਬ ਵਿਖੇ ਸਭ ਤੋਂ ਪਹਿਲਾਂ ਬੀਤੇ ਤਿੰਨ ਦਿਨਾਂ ਤੋਂ ਰਖਵਾਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਉਪਰੰਤ ਤਖਤ ਸਾਹਿਬ ਦੇ ਹਜੂਰੀ ਰਾਗੀ ਜਥੇ ਨੇ ਸ਼ਬਦ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਤਖਤ ਸਾਹਿਬ ਦੇ ਕਥਾਵਾਚਕ ਭਾਈ ਜਗਤਾਰ ਸਿੰਘ ਕੀਰਤਪੁਰੀ ਵੱਲੋਂ ਅਰਦਾਸ ਕਰਨ ਤੇ ਹੈੱਡ ਗ੍ਰੰਥੀ ਭਾਈ ਗੁਰਜੰਟ ਸਿੰਘ ਵੱਲੋਂ ਹੁਕਮਨਾਮਾ ਲੈਣ ਉਪਰੰਤ ਸੰਗਤਾਂ ਨੂੰ ਸੰਬੋਧਨ ਦੌਰਾਨ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਗੁਰੁੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ਤੋਂ ਜਾਣੂੰ ਕਰਵਾਕੇ ਸੰਗਤਾਂ ਨੂੰ ਅਪੀਲ ਕੀਤੀ ਕਿ ਦੇਹਧਾਰੀ ਗੁਰੁੂ ਡੰਮ ਦਾ ਤਿਆਗ ਕਰਕੇ ਸੱਚੇ ਗੁਰੂੁ ਸ੍ਰੀ ਗੁਰੂੁ ਗ੍ਰੰਥ ਸਾਹਿਬ ਜੀ ਦੇ ਲੜ ਲੱਗੀਏ।ਉਨਾ ਨੇ ਸਿੱਖ ਨੌਜਵਾਨਾਂ ਨੂੰ ਵਿਸ਼ੇਸ ਤੌਰ 'ਤੇ ਅਪੀਲ ਕੀਤੀ ਕਿ ਉਹ ਪਤਿਤਪੁਣੇ ਨੂੰ ਛੱਡ ਕੇ ਬਾਣੀ ਤੇ ਬਾਣੇ ਦੇ ਧਾਰਣੀ ਬਨਣ।
ਇਸ ਮੌਕੇ ਤਲਵੰਡੀ ਸਾਬੋ ਦੇ ਨੌਜਵਾਨਾਂ ਵੱਲੋਂ ਲਾਇਆ ਗਿਆ ਦੁੱਧ, ਚਾਹ, ਪਕੌੜਿਆਂ ਤੇ ਬਦਾਨੇ ਦਾ ਲੰਗਰ ਸੰਗਤਾਂ ਲਈ ਖਿੱਚ ਦਾ ਕੇਂਦਰ ਬਣਿਆ ਰਿਹਾ। ਉੱਧਰ ਨਗਰ ਕੀਰਤਨ ਅਤੇ ਗੁਰਪੁਰਬ ਸਮਾਗਮਾਂ ਮੌਕੇ ਲੋਕਲ ਅਤੇ ਜ਼ਿਲ੍ਹੇ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਗੈਰਹਾਜਰੀ ਚਰਚਾ ਦਾ ਵਿਸ਼ਾ ਬਣੀ ਰਹੀ। ਸਮਾਗਮਾਂ ਵਿੱਚ ਹਰਿਆਣੇ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਜਗਸੀਰ ਸਿੰਘ ਮਾਂਗੇਆਣਾ, ਤਖਤ ਸਾਹਿਬ ਦੇ ਮੈਨੇਜਰ ਭਾਈ ਕਰਨ ਸਿੰਘ, ਧਰਮ ਪ੍ਰਚਾਰ ਉਪ ਦਫਤਰ ਇੰਚਾਰਜ ਭਾਈ ਜੰਗੀਰ ਸਿੰਘ, ਮੀਤ ਮੈਨੇਜਰ ਭਾਈ ਸਮਸ਼ੇਰ ਸਿੰਘ ਚੱਠਾ, ਹੈੱਡ ਗ੍ਰੰਥੀ ਭਾਈ ਗੁਰਜੰਟ ਸਿੰਘ, ਸੀਨੀਅਰ ਅਕਾਲੀ ਆਗੂ ਬਾਬੂ ਸਿੰਘ ਮਾਨ, ਠਾਣਾ ਸਿੰਘ ਚੱਠਾ, ਦਰਸ਼ਨ ਗਿੱਲ, ਮੋਹਤਬਰ ਸਖਸ਼ੀਅਤ ਹਰਬੰਸ ਸਿੰਘ ਸੰਧੂ ਰਿਟਾ. ਡਾਇਰੈਕਟਰ ਸਿੱਖਿਆ ਵਿਭਾਗ, ਮਾਨ ਦਲ ਆਗੂ ਭਾਈ ਸੁਖਦੇਵ ਸਿੰਘ ਕਿੰਗਰਾ ਆਦਿ ਆਗੂ ਹਾਜਿਰ ਸਨ। ਦੂਜੇ ਪਾਸੇ ਇਲਾਕੇ ਦੀ ਪ੍ਰਸਿੱਧ ਧਾਰਮਿਕ ਸੰਸਥਾ ਗੁ: ਬੁੰਗਾ ਮਸਤੂਆਣਾ ਸਾਹਿਬ ਵਿਖੇ ਵੀ ਅੱਜ ਤੜਕਸਾਰ ਭੋਗ ਪਾਉਣ ਉਪਰੰਤ ਧਾਰਮਿਕ ਸਮਾਗਮ ਕਰਵਾਏ ਗਏ। ਬੁੰਗਾ ਮਸਤੂਆਣਾ ਮੁਖੀ ਬਾਬਾ ਛੋਟਾ ਸਿੰਘ ਤੇ ਮੁੱਖ ਪ੍ਰਬੰਧਕਾਂ ਵਿੱਚੋਂ ਇੱਕ ਬਾਬਾ ਕਾਕਾ ਸਿੰਘ ਨੇ ਸੰਗਤਾਂ ਨੂੰ ਸ੍ਰੀ ਗੁਰੁੂ ਨਾਨਕ ਦੇਵ ਜੀ ਵੱਲੋਂ ਦਰਸਾਏ ਮਾਰਗ ਤੇ ਚੱਲਣ ਦੀ ਅਪੀਲ ਕਰਦਿਆਂ ਸਮਾਜਿਕ ਬੁਰਾਈਆਂ ਦੇ ਖਿਲਾਫ ਲੜਣ ਲਈ ਵੀ ਪ੍ਰੇਰਿਤ ਕੀਤਾ। ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ (96ਵੇਂ ਕ੍ਰੋੜੀ) ਦੇ ਮੁੱਖ ਅਸਥਾਨ ਗੁ: ਦੇਗਸਰ ਬੇਰ ਸਾਹਿਬ ਛਾਉਣੀ ਨਿਹੰਗ ਸਿੰਘਾਂ ਵਿਖੇ ਵੀ ਗੁਰਪੁਰਵ ਨੂੰ ਸਮਰਪਿਤ ਢਾਡੀ ਦਰਬਾਰ ਲਗਾਇਆ ਜਿੱਥੇ ਢਾਡੀ ਸਿੰਘਾਂ ਨੇ ਸੰਗਤਾਂ ਨੂੰ ਵੀਰ ਰਸ ਵਾਰਾਂ ਨਾਲ ਨਿਹਾਲ ਕੀਤਾ। ਗੁ: ਬੇਰ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਅਰਜੁਨਦੇਵ ਸਿੰਘ ਸ਼ਿਵਜੀ ਨੇ ਪੁੱਜੀਆਂ ਸਖਸ਼ੀਅਤਾਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ। ਗੁਰੂੁ ਕੇ ਲੰਗਰ ਅਤੁੱਟ ਵਰਤਾਏ ਗਏ।

No comments: