BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਧਰਮ ਪ੍ਰਚਾਰ ਸਬੰਧੀ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਪ੍ਰਚਾਰਕਾਂ ਦੀ ਹੋਈ ਇਕੱਤਰਤਾ

  • ਸਿੱਖ ਫ਼ਲਸਫ਼ੇ ਦਾ ਪ੍ਰਚਾਰ ਕਰਨਾ ਹਰ ਸਿੱਖ ਦੀ ਜ਼ਿੰਮੇਵਾਰੀ -ਭਾਈ ਗੋਬਿੰਦ ਸਿੰਘ ਲੌਂਗੋਵਾਲ
  • 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਦਾ ਹਰ ਮੈਂਬਰ ਘੱਟੋ-ਘੱਟ 550 ਪ੍ਰਾਣੀਆਂ ਨੂੰ ਅੰਮ੍ਰਿਤਧਾਰੀ ਬਣਾਏ
  • ਵਧੀਆ ਕਾਰਗੁਜ਼ਾਰੀ ਵਾਲੇ ਪ੍ਰਚਾਰਕਾਂ ਨੂੰ ਸਨਮਾਨਿਤ ਕਰੇਗੀ ਸ਼੍ਰੋਮਣੀ ਕਮੇਟੀ- ਭਾਈ ਲੌਂਗੋਵਾਲ
ਤਲਵੰਡੀ ਸਾਬੋ, 18 ਜਨਵਰੀ (ਗੁਰਜੰਟ ਸਿੰਘ ਨਥੇਹਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੁੰਦਿਆਂ ਸ਼੍ਰੋਮਣੀ ਕਮੇਟੀ ਦਾ ਹਰ ਮੈਂਬਰ ਇੱਕ ਸਾਲ ਵਿਚ ਘੱਟੋ ਘੱਟ 550 ਪ੍ਰਾਣੀਆਂ ਨੂੰ ਅੰਮ੍ਰਿਤਧਾਰੀ ਬਣਾਉਣ ਲਈ ਅੱਗੇ ਆਵੇ। ਉਹ ਇਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਦੀਵਾਨ ਹਾਲ ਵਿਖੇ ਸ਼੍ਰੋਮਣੀ ਕਮੇਟੀ ਮੈਂਬਰਾਂ, ਪ੍ਰਚਾਰਕਾਂ, ਢਾਡੀ-ਕਵੀਸ਼ਰਾਂ, ਸਕੂਲਾਂ-ਕਾਲਜਾਂ ਦੇ ਪ੍ਰਿੰਸੀਪਲਾਂ, ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਅਤੇ ਲੋਕਲ ਗੁਰਦੁਆਰਾ ਕਮੇਟੀਆਂ ਦੇ ਅਹੁਦੇਦਾਰਾਂ ਦੀ ਧਰਮ ਪ੍ਰਚਾਰ ਲਹਿਰ ਨੂੰ ਪ੍ਰਚੰਡ ਕਰਨ ਸਬੰਧੀ ਰੱਖੀ ਗਈ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ।   
ਉਨ੍ਹਾਂ ਕਿਹਾ ਕਿ ਸਿੱਖ ਫ਼ਲਸਫ਼ੇ, ਇਤਿਹਾਸ ਅਤੇ ਗੁਰਮਤਿ ਰਹਿਣੀ ਦਾ ਪ੍ਰਚਾਰ ਕਰਨਾ ਹਰ ਸਿੱਖ ਦੀ ਜ਼ਿੰਮੇਵਾਰੀ ਹੈ ਅਤੇ ਇਸ ਕਾਰਜ ਲਈ ਸਿੱਖ ਸੰਸਥਾਵਾਂ ਦੇ ਨਾਲ-ਨਾਲ ਹਰ ਇਕ ਸਿੱਖ ਨੂੰ ਪ੍ਰਚਾਰਕ ਬਣ ਕੇ ਕਾਰਜ ਕਰਨਾ ਪਵੇਗਾ। ਭਾਈ ਲੌਂਗੋਵਾਲ ਨੇ ਕਿਹਾ ਕਿ ਨਿਰਮਲੇ, ਉਦਾਸੀ ਆਦਿ ਸੰਪਰਦਾਵਾਂ ਸਿੱਖ ਧਰਮ ਦੀ ਸ਼ਾਖਾਵਾਂ ਹਨ ਅਤੇ ਸ਼੍ਰੋਮਣੀ ਕਮੇਟੀ ਸਭ ਦੇ ਸਹਿਯੋਗ ਨਾਲ ਧਰਮ ਪ੍ਰਚਾਰ ਲਹਿਰ ਨੂੰ ਅੱਗੇ ਵਧਾਏਗੀ। ਉਨ੍ਹਾਂ ਪ੍ਰਚਾਰਕਾਂ ਨੂੰ ਧਰਮ ਪ੍ਰਚਾਰ ਪ੍ਰਤੀ ਸਮਰਪਣ ਭਾਵਨਾ ਨਾਲ ਕੰਮ ਕਰਨ ਦੀ ਪ੍ਰੇਰਣਾ ਕਰਦਿਆਂ ਕਿਹਾ ਕਿ ਜੋ ਵੀ ਪ੍ਰਚਾਰਕ ਵਧੀਆ ਨਤੀਜੇ ਦੇਵੇਗਾ ਉਸ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਵਰ੍ਹੇ ਦੀ ਧਰਮ ਪ੍ਰਚਾਰ ਲਹਿਰ ਪਹਿਲੇ ਪਾਤਸ਼ਾਹ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤੀ ਗਈ ਹੈ ਅਤੇ ਇਸ ਦੀ ਆਰੰਭਤਾ 21 ਜਨਵਰੀ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਇਤਿਹਾਸਕ ਅਸਥਾਨ ਤੋਂ ਕੀਤੀ ਜਾਵੇਗੀ। ਉਨ੍ਹਾਂ ਸ਼੍ਰੋਮਣੀ ਕਮੇਟੀ ਤੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰਾਂ, ਪ੍ਰਚਾਰਕਾਂ, ਸਕੂਲਾਂ ਕਾਲਜਾਂ ਦੇ ਮੁੱਖੀਆਂ ਅਤੇ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨੂੰ 21 ਜਨਵਰੀ ਨੂੰ ਕਰਵਾਏ ਜਾਣ ਵਾਲੇ ਮਹਾਨ ਗੁਰਮਤਿ ਸਮਾਗਮ ਵਿਚ ਸ਼ਾਮਲ ਹੋਣ ਲਈ ਸੰਗਤਾਂ ਨੂੰ ਵੱਧ ਤੋਂ ਵੱਧ ਪ੍ਰੇਰਣਾ ਕਰਨ ਦੀ ਅਪੀਲ ਵੀ ਕੀਤੀ।
ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਗੁਰਮਤਿ ਪ੍ਰਚਾਰ ਲਹਿਰ ਨੂੰ ਹੋਰ ਪ੍ਰਚੰਡ ਕਰਨ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਸ਼ਲਾਘਾ ਕੀਤੀ ਅਤੇ ਵਰਤਮਾਨ ਸਮੇਂ ਵਿਚ ਸ਼ੋਸ਼ਲ ਮੀਡੀਆ ਨੂੰ ਧਰਮ ਪ੍ਰਚਾਰ ਲਈ ਵਰਤਣਾ ਸਮੇਂ ਦੀ ਲੋੜ ਦੱਸਿਆ।
ਇਸ ਦੌਰਾਨ ਸ਼੍ਰੋਮਣੀ ਅਕਾਲੀ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਸ. ਸਿਕੰਦਰ ਸਿੰਘ ਮਲੂਕਾ ਨੇ ਸ਼੍ਰੋਮਣੀ ਕਮੇਟੀ ਨੂੰ ਸਿੱਖਾਂ ਦੀ ਸੁਪਰੀਮ ਧਾਰਮਿਕ ਸੰਸਥਾ ਦੱਸਦਿਆਂ ਇਸ ਵੱਲੋਂ ਕੌਮੀ ਸੰਗਠਨ ਅਤੇ ਪੰਥਕ ਮਰਿਯਾਦਾ ਦੀ ਪਹਿਰੇਦਾਰੀ ਲਈ ਨਿਭਾਈ ਭੂਮਿਕਾ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸੰਗਤਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਆਰੰਭੇ ਗਏ ਧਰਮ ਪ੍ਰਚਾਰ ਕਾਰਜਾਂ ਵਿਚ ਵੱਧ ਤੋਂ ਵੱਧ ਸਹਿਯੋਗ ਦੇ ਕੇ ਗੁਰਮਤਿ ਫ਼ਲਸਫ਼ੇ ਨੂੰ ਉਭਾਰਨ ਲਈ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਧਰਮ ਪ੍ਰਚਾਰ ਲਹਿਰ ਵਿਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੂਰਨ ਸਹਿਯੋਗ ਦੀ ਵਚਨਬੱਧਤਾ ਦਾ ਪ੍ਰਗਟਾਵਾ ਵੀ ਕੀਤਾ।
ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਅੰਤ੍ਰਿੰਗ ਕਮੇਟੀ ਮੈਂਬਰ ਸ. ਗੁਰਤੇਜ ਸਿੰਘ ਢੱਡੇ, ਬਾਬਾ ਗੁਰਮੀਤ ਸਿੰਘ ਤਿਲੋਕੇਵਾਲਾ, ਸ. ਸਤਵਿੰਦਰ ਸਿੰਘ ਟੌਹੜਾ ਅਤੇ ਪ੍ਰਚਾਰ ਭਾਈ ਜਸਵਿੰਦਰ ਸਿੰਘ ਸ਼ਹੂਰ ਨੇ ਵੀ ਵਿਚਾਰ ਸਾਂਝੇ ਕੀਤੇ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਪ੍ਰੋ. ਬਲਵਿੰਦਰ ਸਿੰਘ ਜੌੜਾਸਿੰਘਾ ਧਰਮ ਪ੍ਰਚਾਰ ਲਹਿਰ ਦੇ ਪ੍ਰੋਗਰਾਮਾਂ ਦੀ ਰੂਪ-ਰੇਖਾ ਬਾਰੇ ਜਾਣਕਾਰੀ ਦਿੱਤੀ ਅਤੇ ਸਟੇਜ ਸੰਚਾਲਕ ਦੀ ਭੂਮਿਕਾ ਐਡੀਸ਼ਨਲ ਸਕੱਤਰ ਸ. ਕੇਵਲ ਸਿੰਘ ਭੂਰਾਕੋਹਨਾ ਨੇ ਨਿਭਾਈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਹਰਦੇਵ ਸਿੰਘ ਰੋਗਲਾ, ਸ. ਲਖਬੀਰ ਸਿੰਘ ਅਰਾਈਆਂ ਵਾਲਾ, ਸ. ਨਵਤੇਜ ਸਿੰਘ ਕਾਉਣੀ, ਸ. ਗੁਰਤੇਜ ਸਿੰਘ ਢੱਡੇ, ਬਾਬਾ ਗੁਰਮੀਤ ਸਿੰਘ ਤਿਰਲੋਕੇਵਾਲਾ, ਮੈਂਬਰਾਨ ਸ. ਮੋਹਨ ਸਿੰਘ ਬੰਗੀ, ਸ. ਅਮਰੀਕ ਸਿੰਘ ਕੋਟਸ਼ਮੀਰ, ਸ. ਅਵਤਾਰ ਸਿੰਘ ਵਣਵਾਲਾ, ਸ. ਮਨਜੀਤ ਸਿੰਘ ਬੱਪੀਆਣਾ, ਸ. ਸਵਿੰਦਰ ਸਿੰਘ ਸਭਰਵਾਲ, ਸ. ਪਰਮਜੀਤ ਸਿੰਘ ਖ਼ਾਲਸਾ ਬਰਨਾਲਾ, ਸ. ਮਲਕੀਤ ਸਿੰਘ ਚੰਗਾਲ, ਸ. ਲਾਭ ਸਿੰਘ ਦੇਵੀ ਨਗਰ, ਸ. ਸੁਰਜੀਤ ਸਿੰਘ ਕੰਗ, ਸ. ਸਤਵਿੰਦਰ ਸਿੰਘ ਟੌਹੜਾ, ਬੀਬੀ ਜੋਗਿੰਦਰ ਕੌਰ, ਸ. ਰਾਮਪਾਲ ਸਿੰਘ ਬਹਿਣੀਵਾਲ, ਬਾਬਾ ਸੁਖਚੈਨ ਸਿੰਘ ਧਰਮਪੁਰਾ, ਸ. ਮਿੱਠੂ ਸਿੰਘ ਕਾਹਨੇਕੇ, ਬੀਬੀ ਗੁਰਿੰਦਰ ਕੌਰ ਭੋਲੂਆਣਾ, ਸ. ਸੁਰਜੀਤ ਸਿੰਘ ਰਾਏਪੁਰ, ਸ, ਸੁਖਦੇਵ ਸਿੰਘ ਬਾਠ, ਸ. ਸੁਖਦਰਸ਼ਨ ਸਿੰਘ ਮਰਾੜ, ਸ. ਬਲਦੇਵ ਸਿੰਘ, ਸ. ਬਿਕਰ ਸਿੰਘ ਚੰਨੂ, ਬੀਬੀ ਕਿਰਨਵੀਰ ਕੌਰ ਭੁੱਲਰ, ਬੀਬੀ ਹਰਦੀਪ ਸਿੰਘ ਖੋਖ, ਸ. ਗੁਰਲਾਲ ਸਿੰਘ ਫ਼ਤਹਿਗੜ੍ਹ, ਬਾਬਾ ਕਾਕਾ ਸਿੰਘ ਬੁੰਗਾ ਮਸਤੂਆਣਾ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਪ੍ਰੋ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਕੇਵਲ ਸਿੰਘ ਗਿੱਲ, ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਸਿਮਰਜੀਤ ਸਿੰਘ ਕੰਗ, ਡਾ. ਗੁਰਵੀਰ ਸਿੰਘ, ਡਾ. ਚਮਕੌਰ ਸਿੰਘ, ਮੈਨੇਜਰ ਸ. ਕਰਨ ਸਿੰਘ, ਸ. ਸੁਮੇਰ ਸਿੰਘ, ਸ. ਗੁਰਲਾਲ ਸਿੰਘ, ਵੱਖ-ਵੱਖ ਸਕੂਲਾਂ ਕਾਲਜਾਂ ਦੇ ਪ੍ਰਿੰਸੀਪਲ, ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ, ਧਾਰਮਿਕ ਅਧਿਆਪਕ, ਢਾਡੀ, ਕਵੀਸ਼ਰ, ਲੋਕਲ ਗੁਰਦੁਆਰਾ ਕਮੇਟੀਆਂ ਦੇ ਅਹੁਦੇਦਾਰ ਅਤੇ ਗੁਰਦੁਆਰਾ ਸਾਹਿਬਾਨ ਦੇ ਮੈਨੇਜਰ ਵੱਡੀ ਗਿਣਤੀ ਵਿਚ ਹਾਜ਼ਰ ਸਨ।

No comments: