ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਵਲੋਂ ਨੈਸ਼ਨਲ ਹਾਈਵੇ ਅਥਾਰਟੀ ਨੂੰ ਲੋਕਾਂ ਦੀ ਸੁਰੱਖਿਆਂ ਨੂੰ ਯਕੀਨੀ ਬਣਾਉਂਦੇ ਹੋਏ ਪੀ.ਏ.ਪੀ.ਫਲਾਈਓਵਰ ਚਲਾਉਣ ਦੇ ਆਦੇਸ਼

deputy commissionerਰਾਸ਼ਟਰੀ ਰਾਜਮਾਰਗ ‘ਤੇ ਅਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕੀਤੀ ਮੀਟਿੰਗ
ਜਲੰਧਰ 27 ਜੂਨ (ਜਸਵਿੰਦਰ ਆਜ਼ਾਦ)- ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ ਦੇ ਅਧਿਕਾਰੀਆਂ ਨੂੰ ਕਿਹਾ ਕਿ ਜੇ ਲੋੜ ਹੈ ਤਾਂ ਪੀ.ਏ.ਪੀ.ਫਲਾਈ ਓਵਰ ਦੇ ਡਿਜਾਇਨ ਵਿੱਚ ਲੋੜੀਂਦੀ ਸੋਧ ਕਰਕੇ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ। ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਲੋਕਾਂ ਨੂੰ ਸੁਚਾਰੂ ਅਵਾਜਾਈ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਉਨਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨਾਂ ਕਿਹਾ ਕਿ ਅਥਾਰਟੀ ਨੂੰ ਫਲਾਈਓਵਰ ਦੀ ਤਕਨੀਕੀ ਖ਼ਰਾਬੀ ਨੂੰ ਪੂਰੀ ਸੰਜੀਦਗੀ ਨਾਲ ਦੂਰ ਕਰਨਾ ਚਾਹੀਦਾ ਹੈ।
ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਫਲਾਈ ਓਵਰ ਸ਼ਹਿਰ ਵਲੋਂ ਅਤੇ ਰਾਸ਼ਟਰੀ ਰਾਜ ਮਾਰਗ ‘ਤੇ ਆਉਣ ਵਾਲੀ ਅਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਬਹੁਤ ਮਹੱਤਵ ਰੱਖਦਾ ਹੈ ਅਤੇ ਰਾਮਾ ਮੰਡੀ ਅਤੇ ਰਾਸ਼ਟਰੀ ਰਾਜ ਮਾਰਗ ‘ਤੇ ਆਉਂਦੀ ਅਵਾਜਾਈ ਇਸ ਪੁਆਇੰਟ ‘ਤੇ ਆ ਕੇ ਇਕੱਠੀ ਹੁੰਦੀ ਹੈ ਇਸ ਲਈ ਅਥਾਰਟੀ ਨੂੰ ਇਸ ਪੁਆਇੰਟ ‘ਤੇ ਆਉਣ ਵਾਲੀ ਅਵਾਜਾਈ ਨੂੰ ਸੁਚਾਰੂ ਢੰਗ ਨਾਲ ਚੱਲਦਾ ਰੱਖਣ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ। ਉਨਾਂ ਕਿਹਾ ਕਿ ਦੇਸ਼ ਦੇ ਅਵਾਜਾਈ ਪਖੋਂ ਸਭ ਤੋਂ ਵਿਅਸਥ ਇਸ ਪੁਆਇੰਟ ‘ਤੇ ਜ਼ਿਲਾ ਪ੍ਰਸ਼ਾਸਨ ਸੜਕੀ ਦੁਰਘਟਨਾਵਾਂ ਦੇ ਖਤਰਿਆਂ ਨੂੰ ਘੱਟੋ-ਘੱਟ ਹੋਣ ਨੂੰ ਯਕੀਨੀ ਬਣਾਕੇ ਯਾਤਰੀਆਂ ਦੀ ਜਿੰਦਗੀ ਅਤੇ ਖੁਸ਼ਹਾਲੀ ਦੀ ਰੱਖਿਆ ਲਈ ਵਚਨਬੱਧ ਹੈ। ਦੋਵਾਂ ਅਧਿਕਾਰੀਆਂ ਨੇ ਅਥਾਰਟੀ ਨੂੰ ਕਿਹਾ ਕਿ ਜੇਕਰ ਇਸ ਪੁਆਇੰਟ ‘ਤੇ ਕੋਈ ਜਾਨੀ ਜਾਂ ਮਾਲੀ ਨੁਕਸਾਨ ਹੁੰਦਾ ਹੈ ਤਾਂ ਇਸ ਦੀ ਜਿੰਮੇਵਾਰੀ ਅਥਾਰਟੀ ਦੀ ਹੋਵੇਗੀ। ਇਸ ਮੌਕੇ ਉਨਾਂ ਅਥਾਰਟੀ ਦੇ ਅਧਿਕਾਰੀਆਂ ਨੂੰ ਰਾਮਾ ਮੰਡੀ ਚੌਕ ਵਿਖੇ ਪੁਲ ਦੀ ਉਸਾਰੀ ਦੇ ਕੰਮ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਵੀ ਕਿਹਾ।
ਇਸ ਮੌਕੇ ਪ੍ਰੋਜੈਕਟ ਡਾਇਰੈਕਟਰ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ ਵਲੋਂ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੂੰ ਦੱਸਿਆ ਗਿਆ ਕਿ ਅਥਾਰਟੀ ਫਲਾਈ ਓਵਰ ਨੂੰ ਚਾਲੂ ਬਣਾਈ ਰੱਖਣ ਲਈ ਵਚਨਬੱਧ ਹੈ। ਉਨਾਂ ਕਿਹਾ ਕਿ ਅਥਾਰਟੀ ਦੇ ਮਾਹਿਰਾਂ ਦੀ ਕਮੇਟੀ ਵਲੋਂ ਜਲਦੀ ਪ੍ਰੋਜੈਕਟ ਦਾ ਜਾਇਜ਼ਾ ਲੈ ਕੇ ਨੁਕਸ ਲੱਭ ਕੇ ਇਸ ਨੂੰ ਚਾਲੂ ਕੀਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਪੁਲਿਸ ਅਸ਼ਵਨੀ ਕੁਮਾਰ, ਸਹਾਇਕ ਕਮਿਸ਼ਨਰ ਪੁਲਿਸ ਵੈਭਵ ਸਹਿਗਲ, ਬ੍ਰਿਜ ਇੰਜੀਨੀਅਰ ਬੀ.ਬੀ.ਘੋਸ਼ ਅਤੇ ਹੋਰ ਵੀ ਹਾਜ਼ਰ ਸਨ।

Leave a Reply